ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 911 ਜਣੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 173ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 1,074 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ| ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 911 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਛੇ ਹਥਿਆਰ ਬਰਾਮਦ ਕੀਤੇ| ਇਸ ਦੇ ਨਾਲ, ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 47,685 ਹੋ ਗਈ ਹੈ|

ਪੁਲਿਸ ਮੁਤਾਬਕ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ। ਆਪਰੇਸ਼ਨ ਦੌਰਾਨ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ| ਜਨਤਾ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੀ ਹੈ, ਇਸਦੇ ਨਾਲ ਹੀ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕੀਤੀ ਜਾ ਸਕਦੀ ਹੈ|

ਇਸ ਦੌਰਾਨ, ਪੰਜਾਬ ਪੁਲਿਸ ਨੇ ਆਪਣੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 498ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ, ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ| ਉਨ੍ਹਾਂ ਦੇ ਕਬਜ਼ੇ ‘ਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 5,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ|

ਇਸ ਨਾਲ, ਪਿਛਲੇ 498 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 73,505 ਹੋ ਗਈ ਹੈ| ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਉਤਸ਼ਾਹਿਤ ਕੀਤਾ|

ਇਸ ਲੇਖ ਨੂੰ ਸਾਂਝਾ ਕਰੋ: