ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਈਆਂ ਜਾਣ; ਧਾਰਮਿਕ ਸੰਸਥਾਵਾਂ ਨੂੰ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ:CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ।

ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ​​ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਸ਼੍ਰੋਮਣੀ ਕਮੇਟੀ ਦੀ ਭੂਮਿਕਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026, ਭਲਾਈ ਸਕੀਮਾਂ, ਸਿੱਖਿਆ ਸੁਧਾਰਾਂ, ਸਿੰਚਾਈ ਦੇ ਬੁਨਿਆਦੀ ਢਾਂਚੇ, ਸਿਹਤ ਸੰਭਾਲ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ। ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ। ਹਾਲਾਂਕਿ, ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ 'ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤ ਸਰਕਾਰ ਨੂੰ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 14 ਸਾਲ ਹੋ ਗਏ ਹਨ। ਇਹ ਸੰਸਥਾ ਅੱਜ ਬੇਹੱਦ ਮਾੜੀ ਹਾਲਤ ਵਿੱਚ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੰਡਿਆ ਗਿਆ ਪੈਸਾ ਉਨ੍ਹਾਂ ਦੀ ਆਪਣੀ ਖ਼ੂਨ-ਪਸੀਨੇ ਦੀ ਕਮਾਈ ਨਹੀਂ ਸੀ। ਇਹ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਭੇਟਾ ਦਾ ਪੈਸਾ ਸੀ। ਗਰੀਬ ਤੋਂ ਗਰੀਬ ਵਿਅਕਤੀ ਵੀ ਮਾਤਾ-ਪਿਤਾ ਦੇ ਅੰਤਿਮ ਸੰਸਕਾਰ ਵੇਲੇ ਗੁਰਦੁਆਰਾ ਸਾਹਿਬ ਵਿੱਚ ਕੁਝ ਨਾ ਕੁਝ ਯੋਗਦਾਨ ਪਾਉਂਦਾ ਹੈ। ਪਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੇ ਭੋਗ ਸਮੇਂ ਲੰਗਰ ਦਾ ਪ੍ਰਬੰਧ ਤੱਕ ਨਹੀਂ ਕੀਤਾ ਅਤੇ ਇਸ ਦੀ ਬਜਾਏ ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਲੈ ਕੇ ਆਏ।”

ਉਨ੍ਹਾਂ ਅੱਗੇ ਕਿਹਾ, “ਬਾਦਲ ਪਰਿਵਾਰ ਨੇ ਜ਼ਮੀਨ, ਰੇਤ, ‘ਚਿੱਟੇ’, ਟਰਾਂਸਪੋਰਟ ਅਤੇ ਹੋਰ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਵਿੱਚ ਸਭ ਕੁਝ ਹੜੱਪ ਲਿਆ। ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇੱਥੋਂ ਦੇ ਲੋਕਾਂ ਨੂੰ ਬਹੁਤ ਦੁੱਖ ਦਿੱਤੇ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਨਾਮ 'ਤੇ ਵੋਟਾਂ ਪਾਈਆਂ, ਪਰ ਉਨ੍ਹਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ। ਅਕਾਲੀਆਂ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਧੱਕੇ ਦੀ ਲੰਮੀ ਦਾਸਤਾਨ ਹੈ। ਜਨਤਾ ਉਨ੍ਹਾਂ ਨੂੰ ਇਨ੍ਹਾਂ ਕਰਤੂਤਾਂ ਲਈ ਕਦੇ ਵੀ ਮੁਆਫ ਨਹੀਂ ਕਰ ਸਕਦੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਮਾਤਮਾ ਨੇ ਮੈਨੂੰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਜੇ ਜੁਰਮਾਨਾ ਨਾ ਭਰਿਆ ਗਿਆ ਤਾਂ ਦੋਸ਼ੀ ਦੀ ਜਾਇਦਾਦ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅੰਜਾਮ ਨੂੰ ਯਾਦ ਰੱਖਣ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਮੰਦਭਾਗੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।”

ਉਨ੍ਹਾਂ ਕਿਹਾ, “ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰ ਸਕਦੇ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਇਸ ਇਤਿਹਾਸਕ ਕਾਨੂੰਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।”

ਇਸ ਲੇਖ ਨੂੰ ਸਾਂਝਾ ਕਰੋ: